ਵਧੀਕ ਡਿਪਟੀ ਕਮਿਸ਼ਨਰ ਵਲੋਂ ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ ਪਿੰਡ ਮਲਕ ਵਿਖੇ ਜਾਗਰੂਕਤਾ ਵੈਨ ਨੂੰ ਹਰੀ ਝੰਡੀ
ਮਲਕ/ਜਗਰਾਉਂ (ਲੁਧਿਆਣਾ), 30 ਨਵੰਬਰ (ਸੱਗੂ) – ਭਾਰਤ ਸਰਕਾਰ ਦੀਆਂ ਭਲਾਈ ਸਕੀਮਾਂ ਪ੍ਰਤੀ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਵਿਕਸ਼ਿਤ ਭਾਰਤ ਸੰਕਲਪ ਯਾਤਰਾ ਤਹਿਤ ਵਧੀਕ ਡਿਪਟੀ ਕਮਿਸ਼ਨਰ ਆਰ.ਪੀ. ਸਿੰਘ ਨੇ ਪਿੰਡ ਮਲਕ (ਜਗਰਾਉਂ) ਤੋਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਸਰਕਾਰ ਨੇ ਇਹ ਯੋਜਨਾ 15 ਨਵੰਬਰ ਨੂੰ ਸ਼ੁਰੂ ਕੀਤੀ ਸੀ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਲਿਆਣਕਾਰੀ ਸਕੀਮਾਂ ਦਾ ਲਾਭ ਨਿਰਧਾਰਤ ਲਾਭਪਾਤਰੀਆਂ ਤੱਕ ਸਮਾਂਬੱਧ ਢੰਗ ਨਾਲ ਪਹੁੰਚ ਸਕੇ।
ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਆਈ.ਈ.ਸੀ. (ਸੂਚਨਾ, ਸਿੱਖਿਆ ਅਤੇ ਸੰਚਾਰ) ਵੈਨਾਂ ਆਉਣ ਵਾਲੇ ਦਿਨਾਂ ਵਿੱਚ ਨਿਰਧਾਰਤ ਪ੍ਰੋਗਰਾਮ ਅਨੁਸਾਰ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਨੂੰ ਕਵਰ ਕਰਨਗੀਆਂ। ਜਾਗਰੂਕਤਾ ਮੁਹਿੰਮ ਦੇ ਨਾਲ-ਨਾਲ ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਦੇ ਘਰ-ਘਰ ਪਹੁੰਚਾਉਣ ਲਈ ਪਿੰਡ ਪੱਧਰ ‘ਤੇ ਰਜਿਸਟ੍ਰੇਸ਼ਨ ਕੈਂਪ ਵੀ ਲਗਾਏ ਜਾਣਗੇ, ਉਨ੍ਹਾਂ ਕਿਹਾ ਕਿ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਸਕੀਮਾਂ ਦਾ ਤੁਰੰਤ ਲਾਭ ਦੇਣ ਲਈ ਵੱਖ-ਵੱਖ ਸਰਕਾਰੀ ਵਿਭਾਗਾਂ ਨੂੰ ਇਸ ਕਾਰਜ ਲਈ ਸ਼ਾਮਲ ਕੀਤਾ ਗਿਆ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਭਾਰਤ ਸਰਕਾਰ, ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਭਾਗੀਦਾਰੀ ਨਾਲ, ਆਪਣੀਆਂ ਪ੍ਰਮੁੱਖ ਯੋਜਨਾਵਾਂ ਰਾਹੀਂ ਸੰਤ੍ਰਿਪਤਾ ਦੇ ਮਿਸ਼ਨ ਵਿੱਚ ਸਰਗਰਮੀ ਨਾਲ ਰੁੱਝੀ ਹੋਈ ਹੈ ਜਿਸ ਵਿੱਚ ਸੈਨੀਟੇਸ਼ਨ ਸੁਵਿਧਾਵਾਂ, ਜ਼ਰੂਰੀ ਵਿੱਤੀ ਸੇਵਾਵਾਂ, ਐਲ.ਪੀ.ਜੀ. ਕੁਨੈਕਸ਼ਨਾਂ ਤੱਕ ਪਹੁੰਚ, ਗਰੀਬਾਂ ਲਈ ਘਰ, ਭੋਜਨ ਸੁਰੱਖਿਆ, ਸਹੀ ਪੋਸ਼ਣ, ਭਰੋਸੇਯੋਗ ਸਿਹਤ ਸੰਭਾਲ, ਪੀਣ ਵਾਲਾ ਸਾਫ਼ ਪਾਣੀ, ਮਿਆਰੀ ਸਿੱਖਿਆ ਆਦਿ ਅਤੇ ਲੋੜੀਂਦੀਆਂ ਸੇਵਾਵਾਂ ਨੂੰ ਸਾਰੇ ਚੋਣਵੇ ਅਤੇ ਯੋਗ ਲਾਭਪਾਤਰੀਆਂ ਲਈ ਪਹੁੰਚਯੋਗ ਬਣਾਉਣਾ ਸ਼ਾਮਲ ਹਨ।
ਉਨ੍ਹਾਂ ਅੱਗੇ ਕਿਹਾ ਕਿ ਵਿਕਸ਼ਿਤ ਭਾਰਤ ਸੰਕਲਪ ਯਾਤਰਾ ਦੇ ਉਦੇਸ਼ ਉਨ੍ਹਾਂ ਲੋੜਵੰਦ ਲੋਕਾਂ ਤੱਕ ਪਹੁੰਚਣਾ ਜੋ ਵੱਖ-ਵੱਖ ਯੋਜਨਾਵਾਂ ਦੇ ਤਹਿਤ ਯੋਗ ਤਾਂ ਹਨ ਪਰ ਅਜੇ ਤੱਕ ਉਨ੍ਹਾਂ ਲਾਭ ਨਹੀਂ ਲਿਆ ਹੈ।
ਇਸ ਤੋਂ ਇਲਾਵਾ, ਜਾਣਕਾਰੀ ਦਾ ਪ੍ਰਸਾਰ ਅਤੇ ਸਕੀਮਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਇਸ ਸਕੀਮ ਦਾ ਮੁੱਖ ਟੀਚਾ ਹੈ। ਇਸ ਮੌਕੇ ਨਾਬਾਰਡ ਦੇ ਏ.ਜ.ਐਮ. ਸੰਜੀਵ ਕੁਮਾਰ, ਲੀਡ ਜ਼ਿਲ੍ਹਾ ਮੈਨੇਜਰ ਸਰਬਜੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।