ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 22 ‘ਚ ਸੜਕ ਨਿਰਮਾਣ ਕਰਜ਼ਾਂ ਦਾ ਉਦਘਾਟਨ
ਲੁਧਿਆਣਾ, 13 ਨਵੰਬਰ – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਸਥਾਨਕ ਵਾਰਡ ਨੰ. 22 ਅਧੀਨ ਗਿਆਸਪੁਰਾ ਗੇਟ ਨੇੜੇ ਆਸ਼ਾ ਕਲੋਨੀ, ਗਲੀ ਨੰਬਰ 1 ਤੋਂ ਲੈ ਕੇ ਸ਼ੇਰਪੁਰ ਤੱਕ 8 ਗਲੀਆਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ।
ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਵਾਉਣਾ ਮੁੱਖ ਟੀਚਾ ਹੈ।
ਵਿਧਾਇਕ ਛੀਨਾ ਨੇ ਕਿਹਾ ਕਿ ਇਸ ਇਲਾਕੇ ਦੀਆਂ ਸੜਕਾਂ ਵੱਲ ਪਿਛਲੀਆਂ ਸਰਕਾਰਾਂ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ ਅਤੇ ਪਿਛਲੇ 40 ਸਾਲਾਂ ਤੋਂ ਇਹ ਸੜਕ ਨਹੀਂ ਬਣੀ ਅਤੇ ਹੁਣ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਕਰੀਬ 28 ਲੱਖ ਰੁਪਏ ਖਰਚ ਕੀਤੇ ਜਾਣਗੇ।
ਵਿਧਾਇਕ ਛੀਨਾ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੀ ਹਾਲਤ ਬਹੁਤ ਮਾੜੀ ਸੀ, ਪਿਛਲੇ ਸਾਲਾਂ ਤੋਂ ਸੜਕ ਦਾ ਸਿਰਫ਼ ਪੈਚ ਵਰਕ ਹੀ ਚੱਲ ਰਿਹਾ ਸੀ, ਬਰਸਾਤ ਦੇ ਮੌਸਮ ਦੌਰਾਨ ਲੋਕਾਂ ਦਾ ਇੱਥੋਂ ਲੰਘਣਾ ਮੁਸ਼ਕਲ ਹੋ ਜਾਂਦਾ ਹੈ ਅਤੇ ਅਕਸਰ ਪੈਦਲ ਚੱਲਣ ਵਾਲੇ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਇਨ੍ਹਾਂ ਸੜਕਾਂ ਦੇ ਬਣਨ ਨਾਲ ਨਾ ਸਿਰਫ਼ ਲੋਕਾਂ ਦੀ ਆਵਾਜਾਈ ਸੁਖਾਲੀ ਹੋਵੇਗੀ ਸਗੋਂ ਵਿਕਾਸ ਦਾ ਰਾਹ ਵੀ ਪੱਧਰਾ ਹੋਵੇਗਾ।
ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਕਾਰਜਾਂ ਲਈ ਲਗਾਤਰ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਪੰਜਾਬ ਵਿੱਚ ਬੁਨਿਆਦੀ ਸਹੂਲਤਾਂ ਨੂੰ ਪੂਰਾ ਕੀਤਾ ਜਾ ਸਕੇ।
ਇਸ ਮੌਕੇ ਪਾਰਟੀ ਦੇ ਆਗੂ ਕੁਲਵੰਤ ਸਿੰਘ, ਦਵਿੰਦਰ ਸ਼ੇਰਪੁਰੀਆਂ ਤੇ ਹੋਰ ਵੀ ਹਾਜ਼ਰ ਸਨ।